27 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ, ਹਰਿਆਣਾ ਦਿੱਲੀ-ਐਨਸੀਆਰ ਵਿੱਚ ਮੌਸਮ ਇਕਦਮ ਬਦਲ ਗਿਆ ਹੈ। ਵੀਰਵਾਰ ਸਵੇਰੇ ਕਈ ਥਾਵਾਂ ਉਤੇ ਹਲਕੀ ਬਾਰਿਸ਼ ਹੋਈ। ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿਚ ਸੰਘਣੇ ਬੱਦਲ ਛਾਏ ਹੋਏ ਹਨ। ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਦਿਨ ਤੱਕ ਤੇਜ਼ ਹਵਾਵਾਂ ਨਾਲ ਭਾਰੀ ਬਾਰਸ਼ ਹੋ ਸਕਦੀ ਹੈ। ਵੀਰਵਾਰ ਤੜਕੇ ਤੋਂ ਹੀ ਪੰਜਾਬ, ਚੰਡੀਗੜ੍ਹ, ਰਾਜਧਾਨੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਸੰਘਣੇ ਬੱਦਲ ਛਾਏ ਹੋਏ ਹਨ। ਹਰ ਪਾਸੇ ਹਨੇਰਾ ਛਾਇਆ ਹੋਇਆ ਹੈ।
ਇਸ ਦੌਰਾਨ ਸਵੇਰੇ ਕਰੀਬ 7 ਵਜੇ ਹਲਕੀ ਬਾਰਿਸ਼ ਸ਼ੁਰੂ ਹੋ ਗਈ। ਬਾਰਿਸ਼ ਕਾਰਨ ਲੋਕਾਂ ਨੂੰ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਪਰ ਇਹ ਬਾਰਿਸ਼ ਕਿਸਾਨਾਂ ਲਈ ਬਹੁਤ ਲਾਹੇਵੰਦ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ ਦਿੱਲੀ ਦੇ ਨਾਲ-ਨਾਲ ਆਸਪਾਸ ਦੇ ਇਲਾਕਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਸੀ। ਰਿਪੋਰਟ ਮੁਤਾਬਕ ਅਜਿਹਾ ਹੀ ਮੌਸਮ ਸ਼ੁੱਕਰਵਾਰ ਤੱਕ ਜਾਰੀ ਰਹਿ ਸਕਦਾ ਹੈ। ਇਸ ਕਾਰਨ ਵੀਕਐਂਡ ਉਤੇ ਵੀ ਮੌਸਮ ਸ਼ਾਨਦਾਰ ਹੋ ਸਕਦਾ ਹੈ।
ਘੱਟੋ ਘੱਟ ਤਾਪਮਾਨ 15 ਡਿਗਰੀ
ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 15 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 23 ਤੋਂ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮਾਰਚ ਦੇ ਸ਼ੁਰੂ ਤੱਕ ਵੀ ਅਸਮਾਨ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 5 ਮਾਰਚ ਤੋਂ ਬਾਅਦ ਮੌਸਮ ਵਿੱਚ ਫੇਰ ਬਦਲਾਅ ਹੋਵੇਗਾ ਅਤੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾਵੇਗਾ। ਇਸ ਦੌਰਾਨ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋਵੇਗੀ। ਇਸ ਕਾਰਨ ਠੰਢ ਦਾ ਵਧਣਾ ਯਕੀਨੀ ਹੈ।
IMD ਨੇ ਕਿਹਾ ਕਿ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪਹਾੜੀ ਰਾਜਾਂ ਵਿੱਚ ਬਰਫ਼ਬਾਰੀ ਸ਼ੁਰੂ ਹੋ ਸਕਦੀ ਹੈ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਕਾਰਨ ਤਾਪਮਾਨ ‘ਚ ਗਿਰਾਵਟ ਆਵੇਗੀ ਅਤੇ ਠੰਡ ਇਕ ਵਾਰ ਫਿਰ ਵਾਪਸ ਆ ਸਕਦੀ ਹੈ। ਖਾਸ ਤੌਰ ‘ਤੇ ਦਿੱਲੀ-NCR, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ‘ਚ ਮੌਸਮ ਦਾ ਵੱਡਾ ਅਸਰ ਦੇਖਣ ਨੂੰ ਮਿਲੇਗਾ।
ਮੀਂਹ ਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਖਾਸ ਕਰਕੇ ਕਣਕ, ਸਰ੍ਹੋਂ ਅਤੇ ਆਲੂ ਦੀ ਫਸਲ ਪ੍ਰਭਾਵਿਤ ਹੋ ਸਕਦੀ ਹੈ। ਅਜਿਹੀ ਸਥਿਤੀ ਵਿੱਚ ਕਿਸਾਨਾਂ ਨੂੰ ਆਪਣੀਆਂ ਫਸਲਾਂ ਨੂੰ ਸੁਰੱਖਿਅਤ ਰੱਖਣ ਲਈ ਢੁਕਵੇਂ ਕਦਮ ਚੁੱਕਣ ਦੀ ਸਲਾਹ ਦਿੱਤੀ ਗਈ ਹੈ।
ਸੰਖੇਪ:- ਪੰਜਾਬ, ਹਰਿਆਣਾ ਅਤੇ ਦਿੱਲੀ-ਐਨਸੀਆਰ ਵਿੱਚ ਮੌਸਮ ਵਿੱਚ ਤੇਜ਼ ਬਦਲਾਅ ਆ ਰਿਹਾ ਹੈ, ਜਿਥੇ ਹਲਕੀ ਬਾਰਿਸ਼ ਅਤੇ ਸੰਘਣੇ ਬੱਦਲਾਂ ਨਾਲ ਠੰਢੀ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿੱਚ ਭਾਰੀ ਬਾਰਿਸ਼ ਅਤੇ ਠੰਢੇ ਮੌਸਮ ਦੀ ਸੰਭਾਵਨਾ ਜਤਾਈ ਹੈ।