ਚੰਡੀਗੜ੍ਹ, 12 ਅਗਸਤ, 2025 (ਪੰਜਾਬੀ ਖਬਰਨਾਮਾ ਬਿਊਰੋ ):- ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਪੰਜਾਬ ਸਰਕਾਰ ਵੱਲੋਂ ਰੱਦ ਕਰਨ ਨੂੰ ਸ਼੍ਰੋਮਣੀ ਅਕਾਲੀ ਦਲ ਨੇ  ਪੰਜਾਬ ਦੇ ਲੋਕਾਂ ਦੀ ਜਿੱਤ ਦੱਸਿਆ ਹੈ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਐਕਸ ‘ਤੇ ਪੋਸਟ ਰਾਹੀਂ ਲਿਖਿਆ, ‘‘ਆਪ’ ਦੀ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਣਾ, ਪੰਜਾਬ ਦੇ ਲੋਕਾਂ ਦੀ ਜਿੱਤ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਵਿਰੋਧ ਧਰਨਿਆਂ ਦਾ ਨਤੀਜਾ ਹੈ। ਇਹ ਫੈਸਲਾ ਜਨਤਕ ਮੂਡ ਨੂੰ ਸਮਝਦੇ ਹੋਏ ਲਿਆ ਗਿਆ – ਕੇਜਰੀਵਾਲ ਦੀ ਟੀਮ ਜਾਣਦੀ ਸੀ ਕਿ ਪੰਜਾਬੀ ਇਸ ਲੁੱਟ ਦੀ ਇਜਾਜ਼ਤ ਨਹੀਂ ਦੇਣਗੇ। ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ 2 ਸਤੰਬਰ ਦੇ ਮੋਰਚੇ ਤੋਂ ਪਹਿਲਾਂ ਹੀ ਆਤਮ ਸਮਰਪਣ ਕਰ ਦਿੱਤਾ ਹੈ।’’

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ  ਮੈਂ ਸਮੂਹ ਜੁਝਾਰੂ ਅਕਾਲੀ ਵਰਕਰਾਂ, ਕਿਸਾਨਾਂ, ਮਜ਼ਦੂਰਾਂ ਅਤੇ ਦੁਕਾਨਦਾਰਾਂ ਦੇ ਜਜ਼ਬੇ ਨੂੰ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਇਕਜੁੱਟ ਹੋ ਕੇ ਆਪ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਅਰਵਿੰਦ ਕੇਜਰੀਵਾਲ ਨੂੰ ਜ਼ਮੀਨਾਂ ਦੀ ਲੁੱਟ ਵਾਲੀ ‘ਲੈਂਡ ਪੂਲਿੰਗ ਸਕੀਮ’ ਵਾਪਸ ਲੈਣ ਲਈ ਮਜ਼ਬੂਰ ਕਰ ਦਿੱਤਾ । ਹਕੀਕਤ ਵਿੱਚ ਇਹ ਜ਼ਮੀਨਾਂ ਲੁੱਟਣ ਦੀ ਯੋਜਨਾ ਸੀ, ਜਿਸ ਰਾਹੀਂ ਆਮ ਆਦਮੀ ਪਾਰਟੀ ਦਿੱਲੀ ਦੇ ਬਿਲਡਰਾਂ ਤੋਂ 30,000 ਕਰੋੜ ਰੁਪਏ ਇਕੱਠੇ ਕਰਕੇ ਪਾਰਟੀ ਨੂੰ ਦੇਸ਼-ਪੱਧਰ ’ਤੇ ਫੈਲਾਉਣਾ ਚਾਹੁੰਦੀ ਸੀ ।

ਮੈਂ ਸਮੂਹ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਜਿਸ ਤਰ੍ਹਾਂ ਅਸੀਂ ਲੱਖਾਂ ਪੰਜਾਬੀਆਂ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ ‘ਤੇ ਸੰਘਰਸ਼ ਵਿੱਢ ਕੇ ਆਮ ਆਦਮੀ ਪਾਰਟੀ ਨੂੰ ਲੈਂਡ ਪੂਲਿੰਗ ਸਕੀਮ ਵਾਪਸ ਲੈਣ ਲਈ ਮਜ਼ਬੂਰ ਕੀਤਾ, ਉਸੇ ਤਰ੍ਹਾਂ ਹੀ ਅਸੀਂ ਭ੍ਰਿਸ਼ਟਾਚਾਰ ਅਤੇ ਘਪਲਿਆਂ ਵਿੱਚ ਗ੍ਰਸਤ ਹੋ ਚੁੱਕੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਨੂੰ ਕੰਗਾਲ ਕਰਨ, ਬਾਹਰਲਿਆਂ ਨੂੰ ਨੌਕਰੀਆਂ ਦੇਣ, ਕਾਨੂੰਨ-ਵਿਵਸਥਾ ਤਬਾਹ ਕਰਨ ਅਤੇ ਗੈਂਗਸਟਰਾਂ ਨੂੰ ਪਾਲਣ ਬਦਲੇ ਕਟਹਿਰੇ ’ਚ ਖੜ੍ਹਾ ਕਰਾਂਗੇ ।

ਮੈਂ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇਕਜੁੱਟ ਹੋਣ ਤਾਂ ਜੋ ਪੰਜਾਬ ਨੂੰ ਮੁੜ ਖੁਸ਼ਹਾਲ ਲੀਹਾਂ ’ਤੇ ਤੋਰ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਭਵਿੱਖ ਯਕੀਨੀ ਬਣਾਇਆ ਜਾ ਸਕੇ ।

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਇਸ ਲੈਂਡ ਪੂਲਿੰਗ ਸਕੀਮ ਦਾ ਸੂਬੇ ਭਰ ਵਿੱਚ ਵਿਰੋਧ ਹੋ ਰਿਹਾ ਹੈ, ਜਿਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਸੀ ਅਤੇ ਕਿਸਾਨਾਂ ਵੱਲੋਂ ਵੀ ਇਸ ਦਾ ਸਖਤ ਵਿਰੋਧ ਕੀਤਾ ਜਾ ਰਿਹਾ ਸੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨ ਵੀ ਕੀਤਾ ਗਿਆ ਸੀ ਕਿ ਇਸ ਪਾਲਿਸੀ ਦੇ ਰੱਦ ਹੋਣ ਤੱਕ ਉਹ ਸੰਘਰਸ਼ ਜਾਰੀ ਰੱਖਣਗੇ, ਜਿਸ ਤਹਿਤ ਵੱਖ ਵੱਖ ਥਾਂਵਾਂ ‘ਤੇ ਰੈਲੀਆਂ ਕਰਕੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਸੀ।

ਸੰਖੇਪ:
ਸੁਖਬੀਰ ਬਾਦਲ ਨੇ ਲੈਂਡ ਪੂਲਿੰਗ ਨੀਤੀ ਦੀ ਵਾਪਸੀ ਨੂੰ ਪੰਜਾਬੀ ਲੋਕਾਂ ਦੀ ਜਿੱਤ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਅੰਦੋਲਨ ਦਾ ਨਤੀਜਾ ਦੱਸਦਿਆਂ ਕੇਜਰੀਵਾਲ ਸਰਕਾਰ ‘ਤੇ ਲੋਕ ਵਿਰੋਧ ਦੇ ਅੱਗੇ ਝੁਕਣ ਦਾ ਦੋਸ਼ ਲਗਾਇਆ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।