ਪਟਿਆਲਾ, 24 ਮਾਰਚ 2026 (ਪੰਜਾਬੀ ਖਬਰਨਾਮਾ ਬਿਊਰੋ):- ਭਾਰਤੀ ਜਨਤਾ ਪਾਰਟੀ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ਜਾਂਚ ਸੀਬੀਆਈ ਨੂੰ ਦੇਣ ਦੀ ਮੰਗ ਕੀਤੀ ਗਈ। ਇਸ ਦੌਰਾਨ ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਪਟਿਆਲਾ ’ਚ ਭੁੱਲਰ ਦਾ ਪੁਤਲਾ ਵੀ ਸਾੜਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਭੁੱਲਰ ਦੀ ਗ੍ਰਿਫਤਾਰੀ ਦਰਅਸਲ ਉਸ ਵੇਲੇ ਹੋਈ ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਦੇਣ ਦਾ ਸੰਕੇਤ ਦਿੱਤਾ ਅਤੇ ਭਾਜਪਾ ਵੱਲੋਂ ਇਸ ਮਾਮਲੇ ’ਤੇ ਬਣੇ ਦਬਾਅ ਕਾਰਨ ਇਹ ਕਦਮ ਚੁੱਕਿਆ ਗਿਆ।

ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਨਹੀਂ ਚਾਹੁੰਦੀ ਕਿ ਕੇਸ ਸੀਬੀਆਈ ਕੋਲ ਜਾਵੇ ਕਿਉਂਕਿ ਇਸ ਨਾਲ ਦਿੱਲੀ ਸਮੇਤ ਆਪ ਆਗੂਆਂ ਨਾਲ ਜੁੜੀਆਂ ਕਈ ਪਰਤਾਂ ਖੁੱਲ੍ਹ ਜਾਣਗੀਆਂ ਅਤੇ ਇਹ ਵੀ ਸਾਹਮਣੇ ਆਵੇਗਾ ਕਿ ਮੰਤਰੀਆਂ ਵੱਲੋਂ ਇਕੱਠਾ ਕੀਤਾ ਗਿਆ ਪੈਸਾ ਕਿੱਥੇ ਭੇਜਿਆ ਜਾਂਦਾ ਸੀ। ਜਾਖੜ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਡੀਆਈਜੀ ਭੁੱਲਰ ਦੇ ਕੇਸ ’ਚ ਪੰਜਾਬ ਸਰਕਾਰ ਨੇ ਜਾਂਚ ਸੀਬੀਆਈ ਕੋਲ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਸੀ।

ਉਨ੍ਹਾਂ ਦਾਅਵਾ ਕੀਤਾ ਕਿ ਹੁਣ ਵੀ ਗ੍ਰਿਫਤਾਰੀ ਇਸੇ ਮਕਸਦ ਨਾਲ ਕੀਤੀ ਗਈ ਹੈ ਤਾਂ ਜੋ ਕੇਸ ਨੂੰ ਲੰਮਾ ਖਿੱਚਿਆ ਜਾ ਸਕੇ। ਹਾਲਾਂਕਿ ਉਨ੍ਹਾਂ ਕਿਹਾ ਕਿ ਭਾਜਪਾ ਅਜਿਹਾ ਨਹੀਂ ਹੋਣ ਦੇਵੇਗੀ ਅਤੇ ਪਾਰਟੀ ਪੂਰਾ ਨਿਆਂ ਮਿਲਣ ਤੱਕ ਸੰਘਰਸ਼ ਕਰਦੀ ਰਹੇਗੀ ਅਤੇ ਪੀੜਤ ਪਰਿਵਾਰ ਦੇ ਨਾਲ ਡੱਟ ਕੇ ਖੜ੍ਹੀ ਰਹੇਗੀ।

ਭਾਜਪਾ ਸੂਬਾ ਪ੍ਰਧਾਨ ਨੇ ਮੰਗ ਕੀਤੀ ਕਿ ਇਸ ਕੇਸ ਦੀ ਜਾਂਚ ਸੀਬੀਆਈ ਕਰੇ ਅਤੇ ਸੁਣਵਾਈ ਫਾਸਟ ਟਰੈਕ ਕੋਰਟ ਵਿੱਚ ਹੋਵੇ ਤਾਂ ਜੋ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਜ਼ਾ ਮਿਲੇ ਅਤੇ ਪਰਿਵਾਰ ਨੂੰ ਨਿਆਂ ਮਿਲ ਸਕੇ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸਰਕਾਰ ਕੇਸ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਪੀੜਤ ਪਰਿਵਾਰ ‘ਤੇ ਅਜੇ ਵੀ ਦਬਾਅ ਬਣਾਇਆ ਜਾ ਰਿਹਾ ਹੈ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਕੂਕਾ, ਕੇ ਕੇ ਸ਼ਰਮਾ, ਸਤਬੀਰ ਖਟੜਾ, ਅਤੁਲ ਜੋਸ਼ੀ, ਅਨੁਜ ਖੋਸਲਾ, ਸੰਦੀਪ ਮਲਹੋਤਰਾ, ਮਨੀਸ਼ਾ ਉੱਪਲ, ਵਰੁਣ ਜਿੰਦਲ, ਨਿਖਿਲ ਬਾਤਿਸ਼, ਨਿਖਿਲ ਕੁਮਾਰ ਕਾਕਾ ਅਤੇ ਸਿਕੰਦਰ ਚੌਹਾਨ ਹਾਜ਼ਰ ਸਨ।

ਸੰਖੇਪ:

ਸੁਨੀਲ ਜਾਖੜ ਨੇ ਕਿਹਾ ਕਿ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਪਿੱਛੇ CBI ਜਾਂਚ ਦੇ ਡਰ ਅਤੇ ਭਾਜਪਾ ਦੇ ਦਬਾਅ ਦੀ ਭੂਮਿਕਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।