ਚੰਡੀਗੜ੍ਹ, 31 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ):– ਵਿਦੇਸ਼ ‘ਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਹਰਵਿੰਦਰ ਸਿੰਘ ਰਿੰਦਾ ਦੇ ਸਾਥੀ ਜਤਿੰਦਰ ਸਿੰਘ ਨੂੰ ਮੁਹਾਲੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸ ਨੂੰ ਨਿਆਇਕ ਹਿਰਾਸਤ ‘ਚ ਰੋਪੜ ਜੇਲ੍ਹ ਭੇਜ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 13 ਜਨਵਰੀ ਨੂੰ ਹੋਵੇਗੀ। ਦਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਐੱਨਆਈਏ ਨੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਨੂੰ ਅਦਾਲਤ ਨੇ ਛੇ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ ਅਤੇ ਸੋਮਵਾਰ ਨੂੰ ਮੁੜ ਅਦਾਲਤ ’ਚ ਪੇਸ਼ ਕੀਤਾ ਗਿਆ।

ਦੱਸਣਯੋਗ ਹੈ ਕਿ ਰਾਸ਼ਟਰੀ ਜਾਂਚ ਏਜੰਸੀ ਨੇ ਸਰਕਾਰ ਦੇ ਹੁਕਮਾਂ ‘ਤੇ 2023 ‘ਚ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਹਰਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਇਹ ਮਾਮਲਾ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ। ਇਸ ‘ਚ ਮੁਲਜ਼ਮ ਕਾਰੋਬਾਰੀਆਂ ਤੋਂ ਫਿਰੌਤੀ ਦੀ ਵੀ ਮੰਗ ਕਰਦੇ ਸਨ ਅਤੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਅੱਤਵਾਦੀ ਸੰਗਠਨਾਂ ਲਈ ਭਾਰਤ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਵੀ ਦੋਸ਼ ਸਨ। ਇਸ ਤੋਂ ਇਲਾਵਾ ਮੁਲਜ਼ਮ ਦੇਸ਼ ਦੇ ਅੰਦਰ ਅੱਤਵਾਦੀ ਹਮਲੇ ਕਰਨ ਅਤੇ ਦੇਸ਼ ਦਾ ਮਾਹੌਲ ਖ਼ਰਾਬ ਕਰਨ ਲਈ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕਾਂ ਦੀ ਤਸਕਰੀ ਵੀ ਕਰਦੇ ਹਨ। ਇਸ ਦੇ ਲਈ ਉਹ ਪਾਕਿਸਤਾਨ ਸਮੇਤ ਕਈ ਹੋਰ ਦੇਸ਼ਾਂ ਦੀ ਮਦਦ ਵੀ ਲੈਂਦਾ ਸੀ।

ਸਾਥੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਇਆ ਖ਼ੁਲਾਸਾ : ਇਸ ਮਾਮਲੇ ਦੀ ਜਾਂਚ ਕਰਦੇ ਹੋਏ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਪਹਿਲਾਂ ਬਲਜੀਤ ਸਿੰਘ ਉਰਫ਼ ਰਾਣਾ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਪੁੱਛਗਿੱਛ ਦੌਰਾਨ 20 ਜੂਨ 2024 ਨੂੰ ਜਤਿੰਦਰ ਸਿੰਘ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਛਾਪੇਮਾਰੀ ਦੌਰਾਨ ਜਾਂਚ ਏਜੰਸੀ ਨੂੰ ਜਤਿੰਦਰ ਸਿੰਘ ਦਾ ਮੋਬਾਈਲ ਫ਼ੋਨ ਬਰਾਮਦ ਹੋਇਆ। ਜਿਸ ਤੋਂ ਬਾਅਦ ਜਤਿੰਦਰ ਸਿੰਘ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਜਾਂਚ ਨੂੰ ਪ੍ਰਭਾਵਿਤ ਕਰਨ ਲਈ ਝੂਠੇ ਤੱਥ ਪੇਸ਼ ਕੀਤੇ ਅਤੇ ਜਾਂਚ ਏਜੰਸੀ ਨੇ ਉਕਤ ਮੁਲਜ਼ਮ ਦਾ ਮੋਬਾਈਲ ਜਾਂਚ ਲਈ ਭੇਜ ਦਿੱਤਾ ਸੀ। ਇਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਜਤਿੰਦਰ ਸਿੰਘ ਨੇ ਬਲਜੀਤ ਸਿੰਘ ਤੋਂ 10 ਪਿਸਤੌਲ ਖ਼ਰੀਦੇ ਸਨ ਅਤੇ ਬਾਅਦ ‘ਚ ਅੱਤਵਾਦੀਆਂ ਦੇ ਕਹਿਣ ‘ਤੇ ਕਿਸੇ ਹੋਰ ਨੂੰ ਸਪਲਾਈ ਕੀਤੇ ਸਨ ਪਰ ਜਦੋਂ ਪੁਲਿਸ ਨੇ ਉਸਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਫ਼ਰਾਰ ਹੋ ਗਿਆ ਸੀ। ਇਸ ਮਾਮਲੇ ’ਚ ਜਾਂਚ ਏਜੰਸੀ ਦੇ ਰਿਮਾਂਡ ਦੌਰਾਨ ਉਕਤ ਮੁਲਜ਼ਮ ਕੋਲੋਂ ਕੁਝ ਹੋਰ ਲੋਕਾਂ ਦੀ ਸ਼ਮੂਲੀਅਤ ਬਾਰੇ ਪਤਾ ਚਲਿਆ ਹੈ, ਅਜਿਹੇ ਲੋਕਾਂ ਤੋਂ ਵੀ ਪੁੱਛਗਿੱਛ ਹੋ ਸਕਦੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।