ਚੰਡੀਗੜ, 4 ਅਪ੍ਰੈਲ (ਪੰਜਾਬੀ ਖਬਰਨਾਮਾ) :ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਆਪਣੇ ਬਹੁਚਰਚਿਤ ਸਕੂਲ ਆਫ ਐਮੀਨੈਂਸ (ਐਸ.ਓ.ਈ.) ਦੀ ਕਾਰਗੁਜ਼ਾਰੀ ਨਾਲ ਸਬੰਧਤ ਗੁੰਮਰਾਹਕੁੰਨ ਦਾਅਵੇ ਕਰ ਰਹੀ ਹੈ।
ਇਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪ੍ਰਾਈਵੇਟ ਠੇਕੇਦਾਰਾਂ ਨੂੰ ਤਨਖਾਹ ਨਹੀਂ ਦਿੱਤੀ ਹੈ, ਜੋ ਪਿਛਲੇ ਪੰਜ ਮਹੀਨਿਆਂ ਤੋਂ ਵਿਦਿਆਰਥੀਆਂ ਨੂੰ ਸਕੂਲ ਲਿਜਾਣ ਲਈ ਜ਼ਿੰਮੇਵਾਰ ਸਨ। ਇਸ ਦੇ ਨਤੀਜੇ ਵਜੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਆਵਾਜਾਈ ਦੀ ਸਹੂਲਤ ਬੰਦ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਖ਼ਬਰਾਂ ਅਨੁਸਾਰ ਠੇਕੇਦਾਰ ਡਰਾਈਵਰਾਂ ਅਤੇ ਹੋਰ ਸਟਾਫ ਦੀਆਂ ਤਨਖਾਹਾਂ ਆਪਣੀਆਂ ਜੇਬਾਂ ਵਿੱਚੋਂ ਦੇ ਰਹੇ ਹਨ। ਬਾਜਵਾ ਨੇ ਕਿਹਾ ਕਿ ਭੁਗਤਾਨ ਲਈ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਆਪਣੀ ਸਿੱਖਿਆ ਨੀਤੀ ਬਾਰੇ ਵੱਡੇ-ਵੱਡੇ ਦਾਅਵੇ ਕੀਤੇ ਪਰ ਇਸ ਨੇ ਸੂਬੇ ਦੇ ਵਿਦਿਅਕ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣ ਲਈ ਕੁਝ ਨਹੀਂ ਕੀਤਾ। ਇਸ ਦੌਰਾਨ ਇਨ੍ਹਾਂ ਦਾ ਸਕੂਲ ਆਫ ਐਮੀਨੈਂਸ ਦਾ ਬੁਲਬੁਲਾ ਵੀ ਫਟ ਗਿਆ ਹੈ।
ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਅਤੇ ਮਾਹਿਰ ਅਧਿਆਪਕਾਂ, ਲਾਇਬ੍ਰੇਰੀਅਨਾਂ, ਲੈਬਾਰਟਰੀ ਟੈਕਨੀਸ਼ੀਅਨਾਂ ਅਤੇ ਅਜਿਹੇ ਹੋਰ ਸਟਾਫ ਦੀ ਭਰਤੀ ਕਰਨ ਦੀ ਬਜਾਏ ‘ਆਪ’ ਸਰਕਾਰ ਨੇ ਕੁਝ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਸਕੂਲਾਂ ਦੀਆਂ ਵੱਸ ਇਮਾਰਤਾਂ ਨੂੰ ਸੋਧ ਕੇ ਸਕੂਲ ਆਫ ਐਮੀਨੈਂਸ ਵਿਚ ਤਬਦੀਲ ਕਰ ਦਿੱਤਾ। ਇਸ ਤੋਂ ਇਲਾਵਾ ਸਰਕਾਰ ਨੇ ਜਾਅਲੀ ਪ੍ਰਚਾਰ ‘ਤੇ ਪੰਜਾਬ ਦੇ ਖਜ਼ਾਨੇ ਦੇ ਕਰੋੜਾਂ ਰੁਪਏ ਬਰਬਾਦ ਕੀਤੇ ਹਨ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ‘ਆਪ’ ਨੇ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਵਿੱਚ ਜਾਅਲੀ ਦਿੱਲੀ ਮਾਡਲ ਨੂੰ ਦੁਹਰਾਇਆ। ਕਾਂਗਰਸ ਸਰਕਾਰ ਦੇ ਸੁਚਾਰੂ ਢੰਗ ਨਾਲ ਚੱਲ ਰਹੇ ਪੰਜਾਬ ਸਿੱਖਿਆ ਮਾਡਲ ਨੂੰ ‘ਆਪ’ ਸਰਕਾਰ ਨੇ ਦਿੱਲੀ ਮਾਡਲ ਨੂੰ ਲਾਗੂ ਕਰਨ ਲਈ ਜ਼ੀਰੋ ਕਰ ਦਿੱਤਾ ਸੀ ਤਾਂ ਜੋ ਦਿੱਲੀ ਵਿਚ ਬੈਠੇ ਆਪਣੇ ਮਾਲਕਾਂ ਨੂੰ ਖੁਸ਼ ਕੀਤਾ ਜਾ ਸਕੇ।