ਬਟਾਲਾ, 4 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਅਤੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਸੂਬੇ ਅੰਦਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚ ਚੁੱਕਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਨੂੰ ਪੰਜ-ਰੋਜ਼ਾ ਸਿਖਲਾਈ ਲਈ ਸਿੰਗਾਪੁਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਲੀਡਰਸ਼ਿਪ ਡਿਵੈੱਲਪਮੈਂਟ ਪ੍ਰੋਗਰਾਮ ਤਹਿਤ ਹੁਣ ਤੱਕ ਪੰਜਾਬ ਦੇ 198 ਪ੍ਰਿੰਸੀਪਲ ਅਤੇ ਸਿੱਖਿਆ ਅਧਿਕਾਰੀ ਸਿੰਗਾਪੁਰ ਦੀ ਪ੍ਰਿੰਸੀਪਲਜ਼ ਅਕੈਡਮੀ ਤੋਂ ਸਿਖਲਾਈ ਲੈ ਚੁੱਕੇ ਹਨ। ਇਸ ਪ੍ਰੋਗਰਾਮ ਤਹਿਤ ਹੁਣ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਇਸ ਸਾਲ ਮਾਰਚ ਵਿੱਚ ਸਿੰਗਾਪੁਰ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ’ਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਕੂਲ ਸਿੱਖਿਆ ਪ੍ਰਬੰਧਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਪ੍ਰਦਾਨ ਕਰਨ ਲਈ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਵਿਖੇ ਇੱਕ “ਇੰਟਰਨੈਸ਼ਨਲ ਐਜੂਕੇਸ਼ਨ ਅਫੇਅਰਜ਼ ਸੈੱਲ (ਆਈ.ਈ.ਏ.ਸੀ.)” ਸਥਾਪਤ ਕੀਤਾ ਗਿਆ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਪ੍ਰਿੰਸੀਪਲਾਂ ਲਈ ਸਿੰਗਾਪੁਰ ਦਾ ਦੌਰਾ ਉਹਨਾਂ ਨੂੰ ਇੱਕ ਵਿਆਪਕ ਸਿਖਲਾਈ ਅਨੁਭਵ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ ਜੋ ਉਨਾਂ ਦੇ ਲੀਡਰਸ਼ਿਪ ਅਤੇ ਵਿਦਿਅਕ ਹੁਨਰਾਂ ਵਿੱਚ ਵਾਧਾ ਕਰਨ ’ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਸਿੰਗਾਪੁਰ ਵਿੱਚ ਆਪਣੇ ਦੌਰੇ ਦੌਰਾਨ, ਉਹ ਵੱਖ-ਵੱਖ ਵਰਕਸ਼ਾਪਾਂ, ਸੈਮੀਨਾਰਾਂ ਅਤੇ ਗਤੀਵਿਧੀਆਂ ਵਿੱਚ ਹਿੱਸਾ ਲੈਣਗੇ ਜੋ ਉਹਨਾਂ ਨੂੰ ਸਿੰਗਾਪੁਰ ਦੇ ਸਕੂਲਾਂ ਵਿੱਚ ਆਪਣਾਈਆਂ ਜਾਣ ਵਾਲੀਆਂ ਉੱਨਤ ਅਧਿਆਪਨ ਤਕਨੀਕਾਂ ਅਤੇ ਵਿਦਿਅਕ ਅਭਿਆਸਾਂ ਦੀ ਜਾਣਕਾਰੀ ਪ੍ਰਦਾਨ ਕਰਨਗੇ।
ਸੰਖੇਪ:
ਮੁੱਖ ਮੰਤਰੀ ਭਗਵੰਤ ਮਾਨ ਅਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਕੂਲੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਨਵੀਆਂ ਨੀਤੀਆਂ ਅਤੇ ਯੋਜਨਾਵਾਂ ਲਾਗੂ ਕਰ ਰਹੀ ਹੈ। ਸਰਕਾਰੀ ਸਕੂਲਾਂ ਦੀ ਗੁਣਵੱਤਾ ਵਿੱਚ ਸੁਧਾਰ, ਅਧਿਆਪਕਾਂ ਦੀ ਭਰਤੀ ਅਤੇ ਵਿਦਿਆਰਥੀਆਂ ਲਈ ਵਧੀਆ ਸਿੱਖਣ ਵਾਤਾਵਰਣ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ।