ਰੂਪਨਗਰ, 15 ਮਾਰਚ (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਅੱਜ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਜ਼ਿਲ੍ਹਾ ਰੂਪਨਗਰ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ, ਸਕੱਤਰ ਤੇ ਕਨਵੀਨਰਾਂ ਨਾਲ ਮੀਟਿੰਗ ਸਥਾਨਕ ਕਮੇਟੀ ਰੂਮ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਨੇ ਚੋਣ ਜਾਬਤੇ ਨਾਲ ਸਬੰਧਤ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਿਦਾਇਤਾਂ ਬਾਰੇ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ, ਸਕੱਤਰ ਤੇ ਕਨਵੀਨਰਾਂ ਨੂੰ ਜਾਣੂ ਕਰਵਾਇਆ।ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦੇ ਹੋਏ ਹੋਰ ਵੀ ਕਈ ਤਰ੍ਹਾਂ ਦੇ ਅਗੇਤਰੇ ਪ੍ਰਬੰਧਾ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੀਆਂ ਵੱਲੋਂ ਵੀ ਇਹ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਭਾਰਤ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾ ਦੀ ਪਾਲਣਾ ਕਰਨਾ ਯਕੀਨੀ ਬਣਾਉਣਗੇ ਅਤੇ ਚੋਣਾਂ ਨੂੰ ਸ਼ਾਂਤਮਈ ਨੇਪਰੇ ਚੜ੍ਹਾਉਣ ਵਿੱਚ ਪੂਰਾ ਸਹਿਯੋਗ ਦੇਣਗੇ। ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਤੋਂ ਸੰਦੀਪ ਜੋਸ਼ੀ, ਸ਼੍ਰੋਮਣੀ ਅਕਾਲੀ ਦਲ ਤੋਂ ਗੁਰਿੰਦਰ ਸਿੰਘ ਗੋਗੀ, ਭਾਰਤੀ ਜਨਤਾ ਪਾਰਟੀ ਤੋਂ ਜਰਨੈਲ ਸਿੰਘ ਭਾਓਵਾਲ, ਭਾਰਤੀ ਜਨਤਾ ਪਾਰਟੀ ਤੋਂ ਸੁਖਬੀਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਭੁਪਿੰਦਰ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਐਡਵੋਕੇਟ ਚਰਨਜੀਤ ਸਿੰਘ ਘਈ, ਸੀ.ਪੀ.ਆਈ. ਤੋਂ ਗੁਰਦੇਵ ਸਿੰਘ ਬਾਗੀ ਤੋਂ ਇਲਾਵਾ ਜ਼ਿਲ੍ਹਾ ਚੋਣ ਦਫਤਰ ਦੇ ਕਰਮਚਾਰੀ ਜੂਨੀਅਰ ਸਹਾਇਕ ਗੁਰਜੀਤ ਸਿੰਘ ਅਤੇ ਕਲਰਕ ਮਨਦੀਪ ਸਿੰਘ ਵੀ ਸ਼ਾਮਿਲ ਹੋਏ।