ਫ਼ਰੀਦਕੋਟ 22 ਮਾਰਚ 2024 (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ ਦੌਰਾਨ ਰਾਜਸੀ ਪਾਰਟੀਆਂ/ਉਮੀਦਵਾਰਾਂ ਨੂੰ ਚੋਣ ਪ੍ਰਚਾਰ ਸਬੰਧੀ ਵੱਖ-ਵੱਖ ਕਿਸਮਾਂ ਦੀਆਂ ਪਰਮੀਸ਼ਨਾਂ ਦੇਣ ਦੀ ਪ੍ਰੀਕ੍ਰਿਆ ਨੂੰ ਸੁਖਾਲਾ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਰੀਦਕੋਟ ਦੇ ਸੇਵਾ ਕੇਂਦਰ ਵਿਖੇ ਸਿੰਗਲ ਵਿੰਡੋ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਮੀਸ਼ਨਾਂ ਸਬੰਧੀ ਐੱਨ.ਓ.ਸੀ. ਲੈਣ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 26 ਅਧੀਨ ਜ਼ਿਲ੍ਹਾ ਪੱਧਰ ਤੇ ਸਿੰਗਲ ਵਿੰਡੋ ਪ੍ਰਣਾਲੀ ਸਥਾਪਿਤ ਕਰਕੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਸਮੇਂ ਸਿਰ ਉਮੀਦਵਾਰਾਂ ਨੂੰ ਲੋੜੀਂਦੀ ਪਰਮੀਸ਼ਨ ਜਾਰੀ ਕੀਤੀ ਜਾ ਸਕੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਿੰਗਲ ਵਿੰਡੋ ਟੀਮ ਦੇ ਇੰਚਾਰਜ ਵਧੀਕ ਡਿਪਟੀ ਕਮਿਸ਼ਨਰ(ਜ) ਸ. ਜਗਜੀਤ ਸਿੰਘ ਨੂੰ ਲਗਾਇਆ ਗਿਆ ਹੈ ਜਿਨ੍ਹਾਂ ਨਾਲ ਵੱਖ ਵੱਖ ਟੀਮ ਮੈਂਬਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਕਤ ਟੀਮ ਇੰਚਾਰਜ ਉਮੀਦਵਾਰ/ਬਿਨੈਕਾਰ ਨੂੰ ਪਰਮੀਸ਼ਨ ਦੇਣ ਲਈ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰਾਂ ਨਾਲ ਤਾਲਮੇਲ ਕਰਕੇ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਵਾਉਣਗੇ ਅਤੇ ਸਿੰਗਲ ਵਿੰਡੋ ਰਾਹੀਂ ਪਰਮੀਸ਼ਨ ਜਾਰੀ ਕਰਵਾਉਣ ਦੇ ਜ਼ਿੰਮੇਵਾਰ ਹੋਣਗੇ।
ਉਨ੍ਹਾਂ ਕਿਹਾ ਕਿ ਸਮੂਹ ਟੀਮ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਰਾਜਸੀ ਪਾਰਟੀਆਂ/ ਉਮੀਦਵਾਰਾਂ ਵੱਲੋਂ ਦਰਖਾਸਤ ਪ੍ਰਾਪਤ ਹੋਣ ‘ਤੇ ਮਿਥੇ ਸਮੇਂ ਅੰਦਰ ਪਰਮੀਸ਼ਨ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੇਰੀ/ਦਰਖਾਸਤ ਦਾ ਨਿਪਟਾਰਾ ਸਮੇਂ ਸਿਰ ਨਾ ਹੋਣ ਦੀ ਸੂਰਤ ਵਿਚ ਸਬੰਧਿਤ ਅਧਿਕਾਰੀ/ਕਰਮਚਾਰੀ ਖ਼ਿਲਾਫ਼ ਚੋਣ ਨਿਯਮਾਂ ਤਹਿਤ ਕਾਰਵਾਈ ਕੀਤੀ ਜਾਵੇਗੀ ।