29 ਮਈ (ਪੰਜਾਬੀ ਖਬਰਨਾਮਾ):ਮੱਧ ਪ੍ਰਦੇਸ਼ ਦੇ ਛਿੰਦਵਾੜਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਹੈ। ਜ਼ਿਲ੍ਹੇ ਦੇ ਤਾਮੀਆ ਨੇੜੇ ਬੋਦਲ ਕਛਾਰ ਵਿੱਚ ਇੱਕ ਨੌਜਵਾਨ ਨੇ ਆਪਣੇ ਹੀ ਪਰਿਵਾਰ ਦੇ 8 ਲੋਕਾਂ ਦਾ ਕਤਲ ਕਰ ਦਿੱਤਾ ਹੈ। ਉਸ ਨੇ ਆਪਣੀਆਂ ਮਾਸੂਮ ਭਤੀਜੀਆਂ, ਭੈਣ ਅਤੇ 8 ਦਿਨ ਪਹਿਲਾਂ ਵਿਆਹ ਕੇ ਲਿਆਂਦੀ ਪਤਨੀ ਨੂੰ ਵੀ ਨਹੀਂ ਬਖਸ਼ਿਆ। ਉਸ ਨੇ ਕੁਹਾੜੀ ਨਾਲ ਇਕ-ਇਕ ਕਰਕੇ ਸਾਰਿਆਂ ਨੂੰ ਮਾਰ ਦਿੱਤਾ ਹੈ।
ਇਸ ਤੋਂ ਬਾਅਦ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ 28-29 ਮਈ ਦੀ ਦੇਰ ਰਾਤ ਬੋਦਲ ਕਛਾਰ ਵਿੱਚ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫੋਰੈਂਸਿਕ ਟੀਮ ਮੌਕੇ ਤੋਂ ਸਬੂਤ ਇਕੱਠੇ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਬੋਦਲ ਕਛਾਰ ਜ਼ਿਲ੍ਹਾ ਹੈੱਡਕੁਆਰਟਰ ਤੋਂ ਤਕਰੀਬਨ 150 ਕਿਲੋਮੀਟਰ ਦੂਰ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਕ ਆਦਿਵਾਸੀ ਪਰਿਵਾਰ ਦੇ ਇਕ ਨੌਜਵਾਨ ਨੇ ਪੂਰੇ ਪਰਿਵਾਰ ਦਾ ਕਤਲ ਕਰ ਦਿੱਤਾ ਹੈ। ਉਸ ਤੋਂ ਬਾਅਦ ਉਥੋਂ ਵਾਇਰਲੈੱਸ ਤਰੀਕੇ ਨਾਲ ਜ਼ਿਲ੍ਹਾ ਹੈੱਡਕੁਆਰਟਰ ਨੂੰ ਖ਼ਬਰ ਭੇਜੀ ਗਈ। ਸੂਚਨਾ ਮਿਲਦੇ ਹੀ ਐੱਸਪੀ ਮਨੀਸ਼ ਖੱਤਰੀ ਅਤੇ ਹੋਰ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।
ਪੁਲਿਸ ਨੇ ਦੱਸਿਆ ਕਿ ਨੌਜਵਾਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਦੱਸਿਆ ਜਾ ਰਿਹਾ ਹੈ। ਉਸ ਦਾ ਵਿਆਹ 21 ਮਈ ਨੂੰ ਹੀ ਹੋਇਆ ਸੀ। ਸਭ ਤੋਂ ਪਹਿਲਾਂ ਉਸ ਨੇ ਆਪਣੀ ਪਤਨੀ ਦਾ ਕਤਲ ਕੀਤਾ। ਇਸ ਤੋਂ ਬਾਅਦ ਉਸ ਨੇ 55 ਸਾਲਾ ਮਾਂ ਦਾ ਕਤਲ ਕਰ ਦਿੱਤਾ। ਆਪਣੀ ਮਾਂ ਦਾ ਕਤਲ ਕਰਨ ਤੋਂ ਬਾਅਦ ਉਸ ਨੇ ਆਪਣੀ 30 ਸਾਲਾ ਭਰਜਾਈ ਅਤੇ 35 ਸਾਲਾ ਭਰਾ ਦਾ ਕਤਲ ਕਰ ਦਿੱਤਾ। ਉਨ੍ਹਾਂ ਦਾ ਕਤਲ ਕਰਨ ਤੋਂ ਬਾਅਦ ਉਸ ਨੇ ਆਪਣੀ 16 ਸਾਲ ਦੀ ਭੈਣ, 5 ਸਾਲ ਦੇ ਭਤੀਜੇ, 4 ਅਤੇ ਡੇਢ ਸਾਲ ਦੀ ਭਤੀਜੀ ਦਾ ਕਤਲ ਕਰ ਦਿੱਤਾ।
8 ਦਿਨ ਪਹਿਲਾਂ ਹੋਇਆ ਸੀ ਵਿਆਹ
ਦੱਸ ਦਈਏ ਕਿ ਨੌਜਵਾਨ ਦਾ 8 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਦੇ ਉੱਚ ਅਧਿਕਾਰੀ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਮੌਜੂਦ ਸਬੂਤ ਇਕੱਠੇ ਕਰ ਰਹੀ ਹੈ। ਦੱਸਿਆ ਜਾਂਦਾ ਹੈ ਕਿ ਇਹ ਕਤਲ 29 ਮਈ ਨੂੰ ਤੜਕੇ 2.30 ਵਜੇ ਦੇ ਕਰੀਬ ਹੋਇਆ ਸੀ। ਦੂਜੇ ਪਾਸੇ ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਹੈ। ਲੋਕ ਵਿਸ਼ਵਾਸ ਨਹੀਂ ਕਰ ਸਕਦੇ ਕਿ ਉਨ੍ਹਾਂ ਦੇ ਇਲਾਕੇ ਵਿੱਚ ਅਜਿਹਾ ਕਤਲੇਆਮ ਹੋਇਆ ਹੈ।