13 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):-Weather Update: ਮੌਸਮ ਨੇ ਆਪਣਾ ਰੰਗ ਪੂਰੀ ਤਰ੍ਹਾਂ ਬਦਲ ਲਿਆ ਹੈ। ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਲੰਘੇ ਦਿਨ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਕਾਰਨ ਕਣਕ ਦੀਆਂ ਪੱਕੀਆਂ ਖੜ੍ਹੀਆਂ ਧਰਤੀ ’ਤੇ ਵਿਛ ਗਈਆਂ ਹਨ। ਦਿੱਲੀ ਸਮੇਤ ਦੇਸ਼ ਭਰ ਵਿਚ ਵੀਕਐਂਡ ਉਤੇ ਮੌਸਮ ਸੁਹਾਵਣਾ ਰਿਹਾ। ਸ਼ੁੱਕਰਵਾਰ ਸ਼ਾਮ ਨੂੰ ਆਏ ਤੂਫਾਨ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਦਿਵਾਈ ਪਰ ਇਸ ਨਾਲ ਮੁਸੀਬਤ ਵੀ ਖੜ੍ਹੀ ਹੋ ਗਈ। ਤੂਫਾਨ ਕਾਰਨ ਦਰੱਖਤ ਜੜ੍ਹਾਂ ਤੋਂ ਉੱਖੜ ਕੇ ਸੜਕ ‘ਤੇ ਡਿੱਗ ਪਏ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਅਤੇ ਸੈਂਕੜੇ ਉਡਾਣਾਂ ਨੂੰ ਮੋੜ ਦਿੱਤਾ ਗਿਆ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਅਤੇ ਪੂਰਬੀ ਭਾਰਤ ਵਿੱਚ ਮੌਸਮ ਦੀ ਸਥਿਤੀ ਅਗਲੇ ਤਿੰਨ ਦਿਨਾਂ ਤੱਕ ਇਹੋ ਜਿਹੀ ਰਹੇਗੀ। ਮੌਸਮ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ। 16 ਅਪ੍ਰੈਲ ਤੋਂ ਦਿੱਲੀ ਵਿੱਚ ਗਰਮੀ ਦੀ ਲਹਿਰ ਆਉਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਚ ਅਜੇ ਵੀ ਪੱਛਮੀ ਗੜਬੜੀ ਮੌਜੂਦ ਹੈ। ਇਸ ਦੇ ਨਾਲ ਹੀ, ਇੱਕ ਚੱਕਰਵਾਤੀ ਸਰਕੂਲੇਸ਼ਨ ਮੱਧ ਪ੍ਰਦੇਸ਼ ਅਤੇ ਨਾਲ ਲੱਗਦੇ ਉੱਤਰੀ ਛੱਤੀਸਗੜ੍ਹ ਉੱਤੇ ਸਥਿਤ ਹੈ, ਜੋ ਕਿ ਗੰਗਾ ਪੱਛਮੀ ਬੰਗਾਲ ਤੋਂ ਉੱਤਰ-ਪੂਰਬੀ ਤੇਲੰਗਾਨਾ ਤੱਕ ਇੱਕ ਟ੍ਰੈਫ਼ ਦੇ ਰੂਪ ਵਿੱਚ ਫੈਲਿਆ ਹੋਇਆ ਹੈ। ਇਸ ਕਾਰਨ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਗਰਜ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਗੜੇਮਾਰੀ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
7 ਦਿਨਾਂ ਤੱਕ ਮੀਂਹ
ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 7 ਦਿਨਾਂ ਤੱਕ ਉੱਤਰ-ਪੂਰਬੀ ਅਤੇ ਨਾਲ ਲੱਗਦੇ ਪੂਰਬੀ ਰਾਜਾਂ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 14 ਅਪ੍ਰੈਲ ਤੱਕ ਮੱਧ ਭਾਰਤ ਦੇ ਮੈਦਾਨੀ ਇਲਾਕਿਆਂ ਜਿਵੇਂ ਕਿ ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ, ਕਰਨਾਟਕ ਅਤੇ ਓਡੀਸ਼ਾ ਵਿੱਚ ਕੁਝ ਥਾਵਾਂ ਉਤੇ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੱਖਣੀ ਰਾਜਾਂ ਵਿੱਚ ਵੀ ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਕੇਰਲ ਵਿੱਚ 6 ਦਿਨਾਂ ਲਈ ਪ੍ਰੀ-ਮੌਨਸੂਨ ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ।
ਅੱਜ ਕਿਹੜੇ ਰਾਜਾਂ ਵਿੱਚ ਮੀਂਹ ਪਵੇਗਾ?
ਮੌਸਮ ਵਿਭਾਗ ਨੇ ਕਿਹਾ ਕਿ 14 ਅਪ੍ਰੈਲ ਤੱਕ ਤਾਮਿਲਨਾਡੂ, ਕੇਰਲ, ਅਰੁਣਾਚਲ ਪ੍ਰਦੇਸ਼, ਦਾਰਜੀਲਿੰਗ ਅਤੇ ਸਿੱਕਮ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 15 ਅਪ੍ਰੈਲ ਤੱਕ ਅਸਾਮ ਅਤੇ ਮੇਘਾਲਿਆ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਹੈ।
ਸੰਖੇਪ:ਅਗਲੇ ਕੁਝ ਦਿਨ ਪੰਜਾਬ, ਹਰਿਆਣਾ, ਦਿੱਲੀ ਸਮੇਤ ਕਈ ਰਾਜਾਂ ਵਿੱਚ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ, ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ।
