ਚੰਡੀਗੜ੍ਹ 20 ਜੁਲਾਈ 2026 (ਪੰਜਾਬੀ ਖਬਰਨਾਮਾ ਬਿਊਰੋ) : ਸਾਲ 2015 ਦੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਦੇ ਸਾਹਮਣੇ ਕਰੀਬ ਤਿੰਨ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਬਾਹਰ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਸਿਆਸੀ ਕਾਰਨਾਂ ਕਰਕੇ ਤਲਬ ਕੀਤਾ ਗਿਆ ਤੇ ਸਰਕਾਰ ਅਕਾਲੀ ਦਲ ਤੋਂ ਘਬਰਾਈ ਹੋਈ ਹੈ।
ਸੁਖਬੀਰ ਬਾਦਲ ਨੇ ਕਿਹਾ, ‘ਯਾਦ ਰੱਖਣਾ, ਇਹੀ ਜਗ੍ਹਾ ਹੋਵੇਗੀ, ਇਹੀ ਪੁਲਿਸ ਅਧਿਕਾਰੀ ਹੋਣਗੇ ਤੇ ਇੱਥੇ ਹੀ ਭਗਵੰਤ ਮਾਨ ਨੂੰ ਵੀ ਆ ਕੇ ਹਰ ਗੱਲ ਦਾ ਹਿਸਾਬ ਦੇਣਾ ਪਵੇਗਾ। ਆਮ ਆਦਮੀ ਪਾਰਟੀ ਅਕਾਲੀ ਦਲ ਤੋਂ ਡਰ ਗਈ ਹੈ। ਇਹ ਕਾਰਵਾਈ ਸਾਨੂੰ ਡਰਾਉਣ ਲਈ ਕੀਤੀ ਜਾ ਰਹੀ ਹੈ ਪਰ ਅਕਾਲੀ ਦਲ ਡਰਨ ਵਾਲਾ ਨਹੀਂ।’
ਉਨ੍ਹਾਂ ਦੋਸ਼ ਲਾਇਆ ਕਿ ਆਪ ਸਰਕਾਰ ਦਾ ਬੇਅਦਬੀ ਮਾਮਲਿਆਂ ‘ਚ ਇਨਸਾਫ਼ ਦਿਵਾਉਣ ਨਾਲ ਕੋਈ ਲੈਣਾ-ਦੇਣਾ ਨਹੀਂ ਅਤੇ ਉਹ ਸਿਰਫ਼ ਸਿਆਸੀ ਏਜੰਡੇ ਤਹਿਤ ਕਾਰਵਾਈ ਕਰ ਰਹੀ ਹੈ। ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਜੁੜੇ ਵਿਵਾਦਾਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਸਰਕਾਰ ਤੋਂ ਇਕ-ਇਕ ਫੈਸਲੇ ਤੇ ਇਕ-ਇਕ ਮੁੱਦੇ ਦਾ ਹਿਸਾਬ ਮੰਗੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਵੀ ਹਰ ਮੁੱਦੇ ‘ਤੇ ਸਰਕਾਰ ਨੂੰ ਘੇਰਦਾ ਰਹੇਗਾ।ਕਰੀਬ ਤਿੰਨ ਘੰਟੇ ਚੱਲੀ ਪੁੱਛਗਿੱਛ ਤੋਂ ਬਾਅਦ ਬਾਹਰ ਆਏ ਬਾਦਲ ਨੇ ਕਿਹਾ ਕਿ ਪਾਰਟੀ ਵਰਕਰ ਕਿਸੇ ਦਬਾਅ ‘ਚ ਆਉਣ ਵਾਲੇ ਨਹੀਂ। ਉਨ੍ਹਾਂ ਭਾਰੀ ਬਾਰਿਸ਼ ਦੇ ਬਾਵਜੂਦ ਵੱਡੀ ਗਿਣਤੀ ‘ਚ ਚੰਡੀਗੜ੍ਹ ਪਹੁੰਚੇ ਵਰਕਰਾਂ ਦਾ ਧੰਨਵਾਦ ਵੀ ਕੀਤਾ।
ਗੌਰਤਲਬ ਹੈ ਕਿ ਸਾਲ 2015 ਦੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ। ਸੋਮਵਾਰ ਦੁਪਹਿਰ ਕਰੀਬ 12 ਵਜੇ ਉਹ ਸੈਕਟਰ-32 ਸਥਿਤ ਐੱਸਆਈਟੀ ਦਫ਼ਤਰ ਪਹੁੰਚੇ, ਜਿੱਥੇ ਅਧਿਕਾਰੀਆਂ ਨੇ ਉਨ੍ਹਾਂ ਤੋਂ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ। ਉਨ੍ਹਾਂ ਦੀ ਪੇਸ਼ੀ ਦੇ ਮੱਦੇਨਜ਼ਰ ਪੂਰੇ ਇਲਾਕੇ ‘ਚ ਸੁਰੱਖਿਆ ਦੇ ਪੁਖ਼ਤ ਇੰਤਜ਼ਾਮ ਕੀਤੇ ਗਏ ਸਨ। ਐੱਸਆਈਟੀ ਵੱਲੋਂ ਪੁੱਛਗਿੱਛ ਦੇ ਸਬੰਧ ‘ਚ ਫਿਲਹਾਲ ਕੋਈ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।
