ਚੰਡੀਗੜ੍ਹ 12 ਜੂਨ 2024 (ਪੰਜਾਬੀ ਖਬਰਨਾਮਾ) ਤਾਜ਼ਾ ਹੋਈਆਂ ਲੋਕ ਸਭਾ ਚੋਣਾਂ ਵਿਚ ਸੰਸਦ ਚੁਣੇ ਗਏ ਤਿੰਨ ਵਿਧਾਇਕਾਂ ਨੇ ਅਜੇ ਤੱਕ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ। ਇਸ ਕਰਕੇ ਚੋਣ ਕਮਿਸ਼ਨ ਨੇ ਕੇਵਲ ਇਕ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਉਪ ਚੋਣ ਲਈ 10 ਜੁਲਾਈ ਨੂੰ ਵੋਟਾਂ ਪਾਉਣ ਦਾ ਐਲਾਨ ਕੀਤਾ ਹੈ। ਜਲੰਧਰ ਉਪ ਚੋਣ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ।

ਸੱਤਾ ਦੇ ਗਲਿਆਰਿਆ ਵਿਚ ਚਰਚਾ ਹੈ ਕਿ ਚਾਰ ਵਿਧਾਇਕ ਲੋਕ ਸਭਾ ਚੋਣਾਂ ਜਿੱਤੇ ਹਨ ਪਰ ਚੋਣ ਕਮਿਸ਼ਨ ਨੇ ਕੇਵਲ ਇਕ ਸੀਟ ’ਤੇ ਉਪ ਚੋਣ ਦਾ ਐਲਾਨ ਕਿਉਂ ਕੀਤਾ ਹੈ। ਵਰਨਣਯੋਗ ਹੈ ਕਿ  ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਚੋਣਾਂ ਦੌਰਾਨ ਆਪ ਦਾ ਖਹਿੜਾ ਛੱਡ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਜਦਕਿ ਚੱਬੇਵਾਲ ਤੋਂ ਕਾਂਗਰਸ ਦੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਦਾ ਹੱਥ ਛੱਡ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ, ਜਿਨਾਂ ਨੂੰ ਆਪ ਨੇ ਹੁਸ਼ਿਆਰਪੁਰ ਲੋਕ ਸਭਾ ਹਲਕਾ ਤੋਂ ਉਮੀਦਵਾਰ ਬਣਾਇਆ ਸੀ। ਦੋਵਾਂ ਵਿਧਾਇਕਾਂ ਨੇ ਪਾਰਟੀਆਂ ਬਦਲਣ ਕਾਰਨ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜੋ ਕਿ ਨਿਯਮਾਂ ਅਨੁਸਾਰ ਜ਼ਰੂਰੀ ਸੀ। ਜੇਕਰ ਅਜਿਹਾ ਨਾ ਕਰਦੇ ਤਾਂ ਦਲ ਬਦਲੂ ਐਕਟ ਤਹਿਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਸੀ। ਦੋਵਾਂ ਦਾ ਅਸਤੀਫ਼ਾ ਲੋਕ ਸਭਾ ਚੋਣਾਂ ਦੀ ਪ੍ਰੀਕਿਰਿਆ ਸ਼ੁਰੂ ਹੋਣ ਕਰ ਕੇ ਸਵੀਕਾਰ ਨਹੀਂ ਹੋ ਸਕਿਆ ਜਿਸ ਕਰਕੇ ਲੋਕ ਸਭਾ ਚੋਣਾਂ ਦੇ ਨਾਲ ਉਨ੍ਹਾਂ ਦੇ ਵਿਧਾਨ ਸਭਾ ਹਲਕਿਆਂ ਵਿਚ ਉਪ ਚੋਣ ਸੰਭਵ ਨਹੀਂ ਹੋ ਸਕੀ।

ਇਕ ਜੂਨ ਨੂੰ ਵੋਟਾਂ ਖ਼ਤਮ ਹੁੰਦਿਆਂ ਹੀ ਵਿਧਾਇਕ ਸ਼ੀਤਲ ਅੰਗੂਰਾਲ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ ਪਰ ਸਪੀਕਰ ਨੇ ਅੰਗੂਰਾਲ ਦਾ ਅਸਤੀਫ਼ਾ ਸਵੀਕਾਰ ਕਰ ਕੇ 30 ਮਈ ਨੂੰ  ਜਲੰਧਰ ਪੱਛਮੀ ਸੀਟ ਖਾਲੀ ਘੋਸ਼ਿਤ ਕਰ ਦਿੱਤੀ ਪਰ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ। ਇਸ ਤਰ੍ਹਾਂ ਕੇਵਲ  ਜਲੰਧਰ ਪੱਛਮੀ ਸੀਟ ਹੀ ਖਾਲੀ ਘੋਸ਼ਿਤ ਕੀਤੀ ਗਈ ਸੀ ਜਿਸ ਕਾਰਨ ਚੋਣ ਕਮਿਸ਼ਨ ਨੇ ਸੱਤ ਸੂਬਿਆਂ ਦੀ 13 ਸੀਟਾਂ ਲਈ ਉਪ ਚੋਣ ਦਾ ਐਲਾਨ ਕਰ ਦਿੱਤਾ।

ਦੂਜੇ ਪਾਸੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਤੋਂ, ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ ਅਤੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾਂ ਗੁਰਦਾਸਪੁਰ ਤੋਂ ਸੰਸਦ ਮੈਂਬਰ ਚੁਣੇ ਜਾ ਚੁੱਕੇ ਹਨ ਪਰ ਇਨ੍ਹਾਂ ਨੇ ਅਜੇ ਤੱਕ ਆਪਣਾ ਅਸਤੀਫ਼ਾ ਨਹੀਂ ਦਿੱਤਾ। ਇਸ ਕਰ ਕੇ ਇਹ ਸੀਟਾਂ ਖਾਲੀ ਘੋਸ਼ਿਤ ਨਹੀਂ ਹੋ ਸਕੀਆ। ਇਹੀ ਕਾਰਨ ਹੈ ਕਿ 10 ਜੁਲਾਈ ਨੂੰ ਕੇਵਲ  ਜਲੰਧਰ ਪੱਛਮੀ ਵਿਧਾਨ ਸਭਾ ਹਲਕਾ ਦੀ ਜ਼ਿਮਨੀ ਚੋਣ ਹੋ ਰਹੀ ਹੈ। ਵਿਧਾਨ ਸਭਾ ਦੇ ਸਕੱਤਰ ਰਾਮ ਲੋਕ ਖਟਾਣਾ ਨੇ ਤਿੰਨ ਵਿਧਾਇਕਾਂ ਵਲੋ ਅਸਤੀਫ਼ਾ ਨਾ ਦੇਣ ਦੀ ਪੁਸ਼ਟੀ ਕੀਤੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।