ਸਾਹਿਬਜ਼ਾਦਾ ਅਜੀਤ ਸਿੰਘ ਨਗਰ, 07 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) :
ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਸੀਨੀਅਰ ਨਾਗਰਿਕ ਸ਼ਰਧਾਲੂਆਂ ਨੂੰ ਲੈ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੀਨੀਅਰ ਨਾਗਰਿਕ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ,ਭਗਵਾਨ ਵਾਲਮੀਕੀ ਮੰਦਰ ਰਾਮਤੀਰਥ, ਵਾਹਗਾ ਬਾਰਡਰ ਅਤੇ ਜਲ੍ਹਿਆਂਵਾਲਾ ਬਾਗ ਦੇ ਦਰਸ਼ਨ ਕਰਨਗੇ।
ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਨਾਲ ਮਾਹਿਰ ਗਾਈਡ ਵੀ ਮੌਜੂਦ ਰਹੇਗਾ, ਜੋ ਇਨ੍ਹਾਂ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਵਿੱਚ ਇਸ ਯਾਤਰਾ ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਹੈ ਅਤੇ ਚਾਹਵਾਨ ਸੀਨੀਅਰ ਨਾਗਰਿਕਾਂ ਵੱਲੋਂ ਯਾਤਰਾ ਲਈ ਲਗਾਤਾਰ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਹੈ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਪੰਜਾਬ ਦੇ ਸੀਨੀਅਰ ਨਾਗਰਿਕਾਂ ਨੂੰ ਸਾਂਝੇ ਤੌਰ ’ਤੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਯਾਤਰਾ ਨਾਲ ਸਬੰਧਤ ਆਵਾਜਾਈ, ਰਿਹਾਇਸ਼ ਅਤੇ ਹੋਰ ਲੋੜੀਂਦੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਨੇ ਕਿਹਾ ਕਿ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ, ਇਸ ਲਈ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਵੱਲੋਂ ਵੀ ਯਾਤਰਾ ਸਬੰਧੀ ਪ੍ਰਬੰਧਾਂ ਅਤੇ ਸ਼ਰਧਾਲੂਆਂ ਦੀਆਂ ਲੋੜਾਂ ਬਾਰੇ ਜਾਣਕਾਰੀ ਲਈ ਜਾਂਦੀ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਆਰ.ਪੀ. ਸ਼ਰਮਾ, ਸੀਨੀਅਰ ਡਿਪਟੀ ਮੇਅਰ, ਨਗਰ ਨਿਗਮ ਮੋਹਾਲੀ, ਹਰਪ੍ਰੀਤ ਸਿੰਘ ਸਰਪੰਚ ਕੰਡਾਲਾ, ਜਸਵਿੰਦਰ ਕੌਰ ਸਰਪੰਚ ਬਲੌਂਗੀ, ਮੁੱਖਣ ਸਿੰਘ, ਰਾਮ ਕੁਮਾਰ, ਰੀਟਾ, ਕਰਮਜੀਤ ਕੌਰ, ਦਵਿੰਦਰ ਸਿੰਘ ਸਰਪੰਚ, ਅਮਰਜੀਤ ਸਿੰਘ ਸਿੱਧੂ, ਮੰਗਨ ਲਾਲ, ਲਾਲ ਬਹਾਦਰ, ਕਮਲਜੀਤ ਸਿੰਘ ਮਟੋਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
