ਸ਼੍ਰੀ ਚਮਕੌਰ ਸਾਹਿਬ/ਮੋਰਿੰਡਾ, 06 ਫਰਵਰੀ (ਪੰਜਾਬੀ ਖ਼ਬਰਨਾਮਾ)
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਤਹਿਤ ਆਮ ਲੋਕਾਂ ਲਈ ਵੱਡੇ ਤੇ ਇਤਿਹਾਸਕ ਫੈਸਲੇ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ, ਇਸੇ ਲੜੀ ਤਹਿਤ “ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ” ਤਹਿਤ ਸ਼੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਹਲਕੇ ਦੇ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਆਮ ਲੋਕਾਂ ਨੂੰ ਇੱਕੋ ਥਾਂ ਵੱਖ-ਵੱਖ ਤਰ੍ਹਾਂ ਦੀਆਂ 44 ਸੇਵਾਵਾਂ ਮੁਹੱਈਆ ਹੋ ਰਹੀਆਂ ਹਨ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਨੂੰ ਲੋਕਾਂ ਦਾ ਭਰਵਾਂ ਹੂੰਗਾਰਾ ਮਿਲ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਸ ਅਮਰੀਕ ਸਿੰਘ ਵੀ ਮੌਜੂਦ ਸਨ।
ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਹਾਸਲ ਕਰਨ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨੇ ਪੈਂਦੇ ਸਨ, ਜਿਸ ਨਾਲ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪ੍ਰੰਤੂ ਹੁਣ ਇਨ੍ਹਾਂ ਕੈਂਪਾਂ ਰਾਹੀਂ ਲੋਕਾਂ ਨੂੰ ਉਹਨਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 1076 ਨੰਬਰ ਵੀ ਜਾਰੀ ਕੀਤਾ ਗਿਆ ਹੈ, ਜਿਸ ‘ਤੇ ਸੰਪਰਕ ਕਰਕੇ ਲੋਕਾਂ ਵੱਲੋਂ ਆਪਣੇ ਘਰਾਂ ਵਿੱਚ ਹੀ ਸਰਕਾਰੀ ਸਹੂਲਤਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ।