ਰਾਜਪੁਰਾ 29 ਜੁਲਾਈ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਰਾਜਪੁਰਾ ਦੇ ਸਿਵਲ ਹਸਪਤਾਲਾਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਹਸਪਤਾਲਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮਰੀਜ਼ਾਂ ਨਾਲ ਸਿੱਧੀ ਗੱਲਬਾਤ ਕਰਕੇ ਸਰਕਾਰੀ ਸਹੂਲਤਾਂ ਦਾ ਫੀਡਬੈਕ ਲਿਆ। ਗੱਲਬਾਤ ਕਰਦਿਆਂ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਕਿਹਾ ਕਿ ਇਹ ਇਕ ਰੁਟੀਨ ਚੈਕਿੰਗ ਦਾ ਹਿੱਸਾ ਸੀ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲਣੀਆਂ ਯਕੀਨੀ ਬਣਾਈਆਂ ਜਾ ਸਕਣ। ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਆਮ ਤੌਰ ਤੇ ਸਰਕਾਰੀ ਹਸਪਤਾਲਾਂ ’ਚ ਡਾਕਟਰਾਂ ਤੇ ਮਰੀਜ਼ਾਂ ਵਿਚਕਾਰ ਤਣਾਅ ਜਾਂ ਸ਼ਿਕਾਇਤਾਂ ਦੇਖਣ ਨੂੰ ਮਿਲਦੀਆਂ ਹਨ, ਪਰ ਇੱਥੇ ਮਾਹੌਲ ਬਹੁਤ ਸੁਖਾਵਾਂ ਰਿਹਾ। –70 ਸਾਲਾਂ ’ਚ ਪਹਿਲੀ ਵਾਰ ਆਮ ਲੋਕਾਂ ਦੀ ਸਰਕਾਰ ਵਾਈਸ ਚੇਅਰਮੈਨ ਨੇ ਅੱਗੇ ਕਿਹਾ ਕਿ ਬੀਤੇ 70 ਸਾਲਾਂ ਦੇ ਇਤਿਹਾਸ ’ਚ ਇਹ ਪਹਿਲੀ ਅਜਿਹੀ ਸਰਕਾਰ ਸੱਤਾ ’ਚ ਆਈ ਹੈ ਜੋ ਸੱਚਮੁੱਚ ਆਮ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿਹਤ ਢਾਂਚੇ ਨੂੰ ਪੂਰੀ ਤਰ੍ਹਾਂ ਅਪਗ੍ਰੇਡ ਕੀਤਾ ਗਿਆ ਹੈ ਜਿਸ ਤਹਿਤ ਹਸਪਤਾਲਾਂ ਵਿਚ ਆਧੁਨਿਕ ਮਸ਼ੀਨਾਂ, ਮੁਫ਼ਤ ਦਵਾਈਆਂ ਅਤੇ ਸਾਰੇ ਜ਼ਰੂਰੀ ਟੈਸਟਾਂ ਦੀ ਮੁਫ਼ਤ ਸਹੂਲਤ ਦਿੱਤੀ ਜਾ ਰਹੀ ਹੈ। 10 ਲੱਖ ਤੱਕ ਦੇ ਬਣ ਰਹੇ ਆਯੁਸ਼ਮਾਨ ਕਾਰਡਾਂ ਨੇ ਆਮ ਲੋਕਾਂ ਦੀ ਰੋਜ਼ਮਰ੍ਹਾ ਦੀ ਜ਼ਿੰਦਗੀ ਨੂੰ ਹੋਰ ਰਾਹਤ ਦਿੱਤੀ ਹੈ। -ਪਾਰਕਿੰਗ ਤੇ ਓਪੀਡੀ ਪ੍ਰਬੰਧਾਂ ਤੇ ਵਿਸ਼ੇਸ਼ ਧਿਆਨ ਹਸਪਤਾਲ ਵਿੱਚ ਦੌਰੇ ਦੌਰਾਨ ਕੁਝ ਛੋਟੀਆਂ-ਮੋਟੀਆਂ ਕਮੀਆਂ ਜਿਵੇਂ ਕਿ ਓਪੀਡੀ ਵਿਚ ਕਤਾਰਾਂ ਅਤੇ ਪਾਰਕਿੰਗ ਦੇ ਪ੍ਰਬੰਧਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਹਸਪਤਾਲ ਸਟਾਫ਼ ਨੂੰ ਆਦੇਸ਼ ਦਿੱਤੇ ਗਏ ਹਨ ਕਿ ਆਉਣ ਵਾਲੀ ਪਬਲਿਕ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ। ਜੇਕਰ ਕਿਤੇ ਕੋਈ ਮਾਮੂਲੀ ਸਮੱਸਿਆ ਆਉਂਦੀ ਹੈ ਤਾਂ ਉਸਨੂੰ ਤੁਰੰਤ ਅੰਦਰੂਨੀ ਤੌਰ ਤੇ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨਾਲ ਹਮੇਸ਼ਾ ਨਰਮ ਅਤੇ ਹਮਦਰਦੀ ਵਾਲਾ ਵਿਵਹਾਰ ਰੱਖਿਆ ਜਾਵੇ।ਅੰਤ ਵਿੱਚ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ, ਜਿਨ੍ਹਾਂ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੀ ਕਾਇਆ-ਕਲਪ ਹੋ ਚੁੱਕੀ ਹੈ ਅਤੇ ਲੋਕ ਸਿਹਤ ਸੇਵਾਵਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।
