IMD Weather Update(ਪੰਜਾਬੀ ਖ਼ਬਰਨਾਮਾ): ਦੇਸ਼ ਭਰ ਵਿਚ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਕਈ ਰਾਜਾਂ ਵਿੱਚ ਪਾਰਾ ਹੁਣ 45 ਨੂੰ ਪਾਰ ਕਰ ਚੁੱਕਾ ਹੈ ਜਾਂ ਇਸ ਦੇ ਨੇੜੇ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਓਡੀਸ਼ਾ ਅਤੇ ਪੱਛਮੀ ਬੰਗਾਲ ਲਈ ਰੈੱਡ ਹੀਟ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਦੇਸ਼ ਦੇ ਕਈ ਹੋਰ ਹਿੱਸਿਆਂ ‘ਚ ਵੀ ਹੀਟਵੇਵ ਦੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ ਪੰਜਾਬ, ਹਰਿਆਣਾ ਅਤੇ ਗੁਆਂਢੀ ਸੂਬਿਆਂ ਵਿਚ ਇਸ ਸਮੇਂ ਸੰਘਣੇ ਬੱਦਲ ਛਾਏ ਹੋਏ ਹਨ। ਕਈ ਥਾਈਂ ਮੀਂਹ ਪੈਣ ਦੀ ਵੀ ਖਬਰ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਅੱਜ ਯਾਨੀ 29 ਅਪ੍ਰੈਲ ਨੂੰ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ ‘ਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਪੰਜਾਬ ਵਿੱਚ ਪਿਛਲੇ ਚੌਵੀ ਘੰਟਿਆਂ ਦੌਰਾਨ ਕਈ ਥਾਵਾਂ ’ਤੇ ਮੀਂਹ ਪਿਆ ਤੇ ਤੇਜ਼ ਹਵਾਵਾਂ ਚੱਲੀਆਂ। ਕੁਝ ਥਾਵਾਂ ’ਤੇ ਗੜੇ ਪੈਣ ਦੀ ਖ਼ਬਰ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 30 ਅਪਰੈਲ ਤੱਕ ਅਜਿਹਾ ਮੌਸਮ ਰਹਿ ਸਕਦਾ ਹੈ।
ਮੀਂਹ ਨਾਲ ਪੰਜਾਬ ਵਿੱਚ ਵਾਢੀ ਦਾ ਕੰਮ ਅਤੇ ਮੰਡੀਆਂ ਕਣਕ ਦੀ ਭਰਾਈ ਦਾ ਕੰਮ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ 29 ਤੇ 30 ਅਪਰੈਲ ਨੂੰ ਮੌਸਮ ਖ਼ਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਮੀਂਹ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ।
ਸਕਾਈਮੈਟ ਵੈਦਰ ਮੁਤਾਬਕ ਅਗਲੇ 2 ਦਿਨਾਂ ਦੌਰਾਨ ਪੱਛਮੀ ਹਿਮਾਲਿਆ ਦੇ ਕਈ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। 29 ਅਪ੍ਰੈਲ ਨੂੰ ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ‘ਚ ਕੁਝ ਥਾਵਾਂ ‘ਤੇ ਭਾਰੀ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਸੰਭਵ ਹੈ। ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਬਾਰਿਸ਼ ਦੇ ਨਾਲ ਇੱਕ ਜਾਂ ਦੋ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਵਿਦਰਭ, ਮਰਾਠਵਾੜਾ, ਤੇਲੰਗਾਨਾ, ਛੱਤੀਸਗੜ੍ਹ ਅਤੇ ਦੱਖਣੀ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਆਈਐਮਡੀ ਦੇ ਅਨੁਸਾਰ ਅਗਲੇ ਚਾਰ ਦਿਨਾਂ ਦੌਰਾਨ ਬਿਹਾਰ, ਝਾਰਖੰਡ, ਤੇਲੰਗਾਨਾ, ਰਾਇਲਸੀਮਾ, ਅੰਦਰੂਨੀ ਕਰਨਾਟਕ, ਤਾਮਿਲਨਾਡੂ, ਪੂਰਬੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਗਰਮੀ ਦੀ ਲਹਿਰ ਦੀ ਸੰਭਾਵਨਾ ਹੈ। 29 ਤੋਂ 30 ਅਪ੍ਰੈਲ ਦੇ ਦੌਰਾਨ ਕੋਂਕਣ, ਗੋਆ ਅਤੇ 29-30 ਅਪ੍ਰੈਲ 2024 ਦੇ ਦੌਰਾਨ ਪੱਛਮੀ ਉੱਤਰ ਪ੍ਰਦੇਸ਼, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਾਮ ਵਿੱਚ ਵੀ ਅਜਿਹਾ ਮੌਸਮ ਹੋਣ ਦੀ ਸੰਭਾਵਨਾ ਹੈ।