Weather update(ਪੰਜਾਬੀ ਖ਼ਬਰਨਾਮਾ): ਪੰਜਾਬ ਵਿਚ ਅੱਤ ਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਉੱਤਰੀ ਪੱਛਮੀ ਭਾਰਤ ਵਿਚ ਪੱਛਮੀ ਗੜਬੜੀ ਕਾਰਨ 9 ਮਈ ਤੋਂ ਮੌਸਮ ਬਦਲ ਗਿਆ ਹੈ। ਅੱਜ ਰਾਤ ਤੋਂ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਕਈ ਥਾਈਂ ਸੰਘਣੇ ਬੱਦਲ ਛਾ ਗਏ ਹਨ।
ਭਾਰਤ ਦੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਬੁਲੇਟਿਨ ਅਨੁਸਾਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ 9 ਤੋਂ 12 ਮਈ ਤੱਕ ਹਲਕੇ ਤੋਂ ਦਰਮਿਆਨਾ ਮੀਂਹ (Weather update) ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਜੰਮੂ, ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਤੇ ਤੇਜ਼ ਮੀਂਹ ਵੀ ਪੈ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ ਦਿੱਲੀ-ਐਨਸੀਆਰ ਨੂੰ ਅੱਜ ਯਾਨੀ 9 ਮਈ ਨੂੰ ਵੀ ਤੇਜ਼ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਮੰਗਲਵਾਰ ਨੂੰ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਵੀ ਅਸਮਾਨ ਤੋਂ ਅੱਗ ਹੀ ਵਰ੍ਹੇਗੀ ਅਤੇ ਤਾਪਮਾਨ 42 ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 10 ਮਈ ਤੱਕ ਦਿੱਲੀ ਵਾਸੀਆਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਨਹੀਂ ਮਿਲੇਗੀ, ਹਾਲਾਂਕਿ 11-12 ਮਈ ਨੂੰ ਦਿੱਲੀ-ਐਨਸੀਆਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਇੰਨਾ ਹੀ ਨਹੀਂ, ਗਰਜ ਦੇ ਨਾਲ-ਨਾਲ ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਵੀ ਸੰਭਾਵਨਾ ਹੈ। ਨਾਲ ਹੀ, ਉੱਤਰ-ਪੂਰਬੀ ਭਾਰਤ, ਕਰਨਾਟਕ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤਾਮਿਲਨਾਡੂ ਅਤੇ ਉੱਤਰ ਪ੍ਰਦੇਸ਼ ਦੇ ਪੂਰਬੀ ਹਿੱਸਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਹੌਲੀ-ਹੌਲੀ ਤੇਜ਼ ਹੋਣਗੀਆਂ। ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਗੁਜਰਾਤ, ਤਾਮਿਲਨਾਡੂ, ਅੰਦਰੂਨੀ ਕਰਨਾਟਕ ਅਤੇ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਹੀਟ ਵੇਵ ਦੇ ਹਾਲਾਤ ਸੰਭਵ ਹਨ। ਡਾਕਟਰਾਂ ਨੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਇਸ ਲੂ ਤੋਂ ਬਚਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਗਰਮੀ ਵਧਣ ਕਾਰਨ ਜ਼ਿਆਦਾ ਪਾਣੀ ਪੀਣਾ ਚਾਹੀਦਾ ਹੈ ਤੇ ਘਰ ਤੋਂ ਨਿਕਲਣ ਤੋਂ ਪਹਿਲਾਂ ਪਾਣੀ ਜ਼ਰੂਰ ਪੀਤਾ ਜਾਵੇ। ਇਸ ਤੋਂ ਇਲਾਵਾ ਸੂਤੀ ਅਤੇ ਖੁੱਲ੍ਹੇ ਕੱਪੜੇ ਪਾਏ ਜਾਣ ਤੇ ਖਰਬੂਜ਼ਾ ਅਤੇ ਤਰਬੂਜ਼ ਦਾ ਸੇਵਨ ਕੀਤਾ ਜਾਵੇ।