25 ਅਗਸਤ, 2025 (ਪੰਜਾਬੀ ਖਬਰਨਾਮਾ ਬਿਊਰੋ ):- ਉੱਤਰੀ ਭਾਰਤ ਵਿਚ ਲਗਾਤਾਰ ਪੈ ਰਹੇ ਮੀਂਹ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਸੋਮਵਾਰ ਸਵੇਰ ਤੋਂ ਹੀ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਜਾਰੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸੋਮਵਾਰ ਅਤੇ ਮੰਗਲਵਾਰ ਲਈ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਯੈਲੋ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਨੇ ਟ੍ਰਾਈਸਿਟੀ ਵਿਚ ਬੱਦਲਵਾਈ ਰਹਿਣ ਅਤੇ 29 ਅਗਸਤ ਤੱਕ ਰੁਕ-ਰੁਕ ਕੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅੱਜ ਰਾਤ ਪੰਜਾਬ ਵਿਚ ਭਾਰੀ ਮੀਂਹ ਪੈ ਸਕਦਾ ਹੈ।

ਇਸ਼ਤਿਹਾਰਬਾਜ਼ੀ

ਹਿਮਾਚਲ ਪ੍ਰਦੇਸ਼ ਵਿਚ ਹਾਲਾਤ ਹੋਰ ਵੀ ਗੰਭੀਰ ਹਨ। ਭਾਰੀ ਮੀਂਹ ਕਾਰਨ ਰਾਜ ਦੇ 12 ਵਿੱਚੋਂ ਚਾਰ ਜ਼ਿਲ੍ਹਿਆਂ ਬਿਲਾਸਪੁਰ, ਹਮੀਰਪੁਰ, ਊਨਾ ਅਤੇ ਸੋਲਨ ਵਿੱਚ ਰਿਹਾਇਸ਼ੀ ਸੰਸਥਾਵਾਂ ਨੂੰ ਛੱਡ ਕੇ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਅਜਿਹਾ ਮੌਸਮ ਅਗਲੇ 24 ਘੰਟਿਆਂ ਤੱਕ ਜਾਰੀ ਰਹਿ ਸਕਦਾ ਹੈ। ਇਸ ਤੋਂ ਇਲਾਵਾ ਮੁਹਾਲੀ, ਪਟਿਆਲਾ ਤੇ ਲੁਧਿਆਣਾ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

News18

ਉਧਰ, ਹਿਮਾਚਲ ਪ੍ਰਦੇਸ਼ ਦੇ ਪਹਾੜਾਂ ਵਿਚ ਹੋ ਰਹੀ ਤੇਜ਼ ਬਾਰਸ਼ ਅਤੇ ਚਮੇਰਾ ਪ੍ਰਾਜੈਕਟ ਵਲੋਂ ਛੱਡੇ ਜਾ ਰਹੇ ਪਾਣੀ ਨਾਲ ਰਣਜੀਤ ਸਾਗਰ ਡੈਮ ਦੀ ਝੀਲ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਪੁੱਜ ਗਿਆ ਜਿਸ ਕਾਰਨ ਰਣਜੀਤ ਸਾਗਰ ਡੈਮ ਪ੍ਰਸ਼ਾਸਨ ਨੇ ਅੱਜ ਸਵੇਰੇ ਡੈਮ ਦੇ ਸਪਿਲਵੇਅ ਦੇ ਸਾਰੇ ਸੱਤ ਫਲੱਡ ਗੇਟ ਖੋਲ੍ਹ ਦਿੱਤੇ ਅਤੇ ਇਹ ਸਾਰਾ ਪਾਣੀ ਮਾਧੋਪੁਰ ਹੈਡ ਵਰਕਸ ਰਾਹੀਂ ਰਾਵੀ ਦਰਿਆ ਵਿਚ ਪੁੱਜਣਾ ਸ਼ੁਰੂ ਹੋ ਗਿਆ।

ਜੰਮੂ-ਕਸ਼ਮੀਰ ਵਿਚ ਮੀਂਹ ਤੋਂ ਬਾਅਦ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 527 ਮੀਟਰ ਦੇ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚ ਗਿਆ ਹੈ। ਜਿਸ ਕਾਰਨ ਵਾਧੂ ਪਾਣੀ ਛੱਡਿਆ ਗਿਆ ਹੈ। ਇਸ ਨਾਲ ਪੰਜਾਬ ਦੇ ਮਾਝਾ ਖੇਤਰ ਵਿਚ ਹੜ੍ਹਾਂ ਦਾ ਖ਼ਤਰਾ ਵਧ ਗਿਆ ਹੈ। ਰਾਵੀ ਨਦੀ ਦਾ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ, ਜਿਸ ਕਾਰਨ ਪਠਾਨਕੋਟ-ਜੰਮੂ ਹਾਈਵੇਅ ਪਹਿਲਾਂ ਹੀ ਬੰਦ ਹੈ ਅਤੇ ਪਠਾਨਕੋਟ ਤੋਂ ਅੰਮ੍ਰਿਤਸਰ ਤੱਕ ਹਾਈ ਅਲਰਟ ਜਾਰੀ ਕੀਤਾ ਗਿਆ ਹੈ।

ਅਜਨਾਲਾ ਵਿੱਚ ਲੋਕਾਂ ਨੂੰ ਦਰਿਆ ਦੇ ਨੇੜੇ ਜਾਣ ਤੋਂ ਵਰਜਿਆ ਗਿਆ ਹੈ। ਗੁਰਦਾਸਪੁਰ ਵਿੱਚ ਰਾਵੀ, ਉੱਜ ਅਤੇ ਚੱਕੀ ਨਦੀਆਂ ਵਿੱਚ ਪਾਣੀ ਵਧਣ ਕਾਰਨ ਕਈ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਦੀਨਾਨਗਰ ਵਿੱਚ ਰਾਵੀ ਅਤੇ ਉੱਜ ਨਦੀਆਂ ਦੇ ਸੰਗਮ, ਮਕੌੜਾ ਪੱਤਨ ਵਿੱਚ ਪਾਣੀ ਭਰ ਗਿਆ ਹੈ ਅਤੇ ਪਾਕਿਸਤਾਨ ਸਰਹੱਦ ਉਤੇ ਸੱਤ ਪਿੰਡਾਂ ਦਾ ਬਾਕੀ ਖੇਤਰ ਨਾਲ ਸੰਪਰਕ ਟੁੱਟ ਗਿਆ ਹੈ।

ਸੰਖੇਪ: ਉੱਤਰੀ ਭਾਰਤ ਵਿੱਚ ਲਗਾਤਾਰ ਭਾਰੀ ਮੀਂਹ ਕਾਰਨ ਆਮ ਜੀਵਨ ਪ੍ਰਭਾਵਿਤ ਹੋਇਆ ਹੈ, ਹਿਮਾਚਲ, ਪੰਜਾਬ ਅਤੇ ਆਸਪਾਸ ਹੜ੍ਹਾਂ ਦੇ ਖ਼ਤਰੇ ਹੇਠ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।