ਬਠਿੰਡਾ, 24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ 25 ਅਪ੍ਰੈਲ 2025 ਨੂੰ ਸਥਾਨਕ ਬਲਵੰਤ ਗਾਰਗੀ ਆਡੋਟੋਰੀਅਮ ਵਿਖੇ ਹੋਣ ਵਾਲੇ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਸਾਂਝੀ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਆਪੋਂ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣੀਆਂ ਯਕੀਨੀ ਬਣਾਈਆਂ ਜਾਣ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਮੌਕੇ ਨਿਰਦੇਸ਼ਕ ਸ਼੍ਰੀਮਤੀ ਸੁਰਿੰਦਰ ਕੌਰ ਅਤੇ ਚੰਦਰ ਸ਼ੇਖਰ ਦਾ ਲਿਖਿਆ ਨਾਟਕ ‘‘ਆਓ ਕੋਸ਼ਿਸ਼ ਕਰੀਏ’’ ਨਾਟਕ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਦਾ ਮਾਰੂ ਪ੍ਰਭਾਵਾਂ ਨੂੰ ਦਰਸਾਉਂਦੇ ਹੋਏ ਨੁਕੜ ਨਾਟਕ, ਭਾਸ਼ਣ ਆਦਿ ਦਿੱਤੇ ਜਾਣਗੇ।
ਸਮਾਗਮ ਮੌਕੇ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਪੰਚਾਂ/ਸਰਪੰਚਾਂ ਅਤੇ ਯੂਥ ਕਲੱਬਾਂ ਵਲੋਂ ਸ਼ਿਰਕਤ ਕੀਤੀ ਜਾਵੇਗੀ।
ਇਸ ਮੌਕੇ ਮੁੱਖ ਮੰਤਰੀ ਫੀਲਰ ਅਫਸਰ ਸ਼੍ਰੀ ਰਮਨਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ. ਗੁਰਪ੍ਰਤਾਪ ਸਿੰਘ, ਜ਼ਿਲ੍ਹਾ ਭਾਸ਼ਾ ਅਫਸਰ ਸ. ਕਿਰਪਾਲ ਸਿੰਘ, ਸਿੱਖਿਆ ਵਿਭਾਗ ਤੋਂ ਮੈਡਮ ਮਨਦੀਪ ਕੌਰ ਆਦਿ ਹਾਜ਼ਰ ਸਨ।